ਕਿਸਾਨੀ ਅੰਦੋਲਨ ਦਰਮਿਆਨ ਸੁਨੀਲ ਜਾਖੜ ਦੀ ਕਿਸਾਨਾਂ ਨੂੰ ਸਲਾਹ

ਚੰਡੀਗੜ੍ਹ : ਖਨੌਰੀ ਬਾਰਡਰ ‘ਤੇ ਬੀਤੇ ਦਿਨੀਂ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ‘ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਐਕਸ ‘ਤੇ ਪੋਸਟ ਪਾ ਕੇ ਕਿਹਾ ਕਿ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਬੇਹੱਦ ਦੁਖਦਾਈ ਹੈ। ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਅਤੇ ਸਾਰਾ ਪੰਜਾਬ ਉਸ ਦੇ ਪਰਿਵਾਰ ਨਾਲ ਖੜ੍ਹਾ ਹੈ। ਜਾਖੜ ਨੇ ਕਿਹਾ ਕਿ ਉਸ ਦੀ ਮੌਤ ਲਈ ਜ਼ਿੰਮੇਵਾਰਾਂ ਨੂੰ ਸਾਹਮਣੇ ਲਿਆਉਣ ਲਈ ਜਾਂਚ ਜ਼ਰੂਰ ਹੋਣੀ ਚਾਹੀਦੀ ਹੈ ਅਤੇ ਸੱਚ ਸਭ ਦੇ ਸਾਹਮਣੇ ਆਉਣਾ ਚਾਹੀਦਾ ਹੈ।

ਜਾਖੜ ਨੇ ਕਿਹਾ ਕਿ ਮੈਂ ਅਜਿਹੀ ਦੁਰਘਟਨਾ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਕਿਉਂਕਿ ਅੱਜ ਵੀ ਧਰਨੇ ਵਾਲੀ ਥਾਂ ‘ਤੇ ਸਾਡੇ ਹਜ਼ਾਰਾਂ ਸ਼ੁਭਕਰਨ ਮੌਜੂਦ ਹਨ। ਉਨ੍ਹਾਂ ਕਿਹਾ ਕਿ ਦੋਹਾਂ ਧਿਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹਰ ਜ਼ਿੰਦਗੀ ਅਨਮੋਲ ਹੈ। ਸੁਨੀਲ ਜਾਖੜ ਨੇ ਕਿਹਾ ਕਿ ਜਿੱਥੇ ਸਰਕਾਰਾਂ ਅਤੇ ਸੁਰੱਖਿਆ ਬਲਾਂ ਨੂੰ ਸ਼ਾਂਤਮਈ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਣ ਲਈ ਸੰਜਮ ਅਤੇ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਹੈ, ਉੱਥੇ ਕਿਸਾਨ ਸੰਗਠਨਾਂ ਨੂੰ ਵੀ ਸਾਡੇ ਨੌਜਵਾਨਾਂ ਦੇ ਜਨੂੰਨ ਅਤੇ ਊਰਜਾ ਨੂੰ ਸਹੀ ਦਿਸ਼ਾ ਦੇਣੀ ਚਾਹੀਦੀ ਹੈ।

ਇਸ ਅਦੰਲੋਨ ਦੇ ਆਗੂਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਡੇ ਨੌਵਜਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨੌਜਵਾਨਾਂ ਦੀ ਕਿਸੇ ਦੇ ਸੌੜੇ ਸਿਆਸੀ ਇਰਾਦਿਆਂ ਲਈ ਦੁਰਵਰਤੋਂ ਨਾ ਹੋਵੇ। ਸੁਨੀਲ ਜਾਖੜ ਨੇ ਕਿਹਾ ਕਿ ਸਾਰੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲੇਗਾ ਅਤੇ ਦੋਹਾਂ ਧਿਰਾਂ ਨੂੰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਅੱਗੇ ਵਧੱਣਾ ਚਾਹੀਦਾ ਹੈ।

Leave a Reply

Your email address will not be published. Required fields are marked *