
ਦੇਸ਼ ’ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜੇ ਸੱਜ ਚੁੱਕੇ ਹਨ ਅਤੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਕ ਪਾਸੇ ਜਿੱਥੇ ਵਿਰੋਧੀ ਪਾਰਟੀਆਂ ਦਾ ਗਠਜੋੜ ‘ਇੰਡੀਆ’ ਬਲਾਕ ਸੀਟ ਵੰਡ ਵੱਲ ਵਧ ਰਿਹਾ ਹੈ, ਉੱਥੇ ਹੀ ਭਾਜਪਾ ਨੇ ਵੀ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਨ ਦੀ ਪੂਰੀ ਤਿਆਰੀ ਕਰ ਲਈ ਹੈ। ਇਕ ਮੀਡੀਆ ਰਿਪੋਰਟ ਮੁਤਾਬਕ ਇਸੇ ਹਲਚਲ ’ਚ 29 ਫਰਵਰੀ ਨੂੰ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਹੋਣ ਵਾਲੀ ਮੀਟਿੰਗ ਤੋਂ ਬਾਅਦ ਪਾਰਟੀ ਛੇਤੀ ਹੀ ਆਪਣੇ ਪਹਿਲੇ 150 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਸਕਦੀ ਹੈ।
ਰਿਪੋਰਟ ਮੁਤਾਬਕ ਪਹਿਲੀ ਸੂਚੀ ’ਚ ਵਾਰਾਣਸੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗਾਂਧੀਨਗਰ ਤੋਂ ਗ੍ਰਹਿ ਮੰਤਰੀ ਅਮਿਤ ਸ਼ਾਹ, ਲਖਨਊ ਤੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਨਾਗਪੁਰ ਤੋਂ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦਾ ਨਾਂ ਹੋ ਸਕਦਾ ਹੈ। ਸੂਤਰਾਂ ਦੇ ਹਵਾਲੇ ਨਾਲ ਰਿਪੋਰਟ ’ਚ ਕਿਹਾ ਗਿਆ ਹੈ ਕਿ ਪੱਛਮੀ ਦਿੱਲੀ ਤੋਂ ਪਰਵੇਸ਼ ਵਰਮਾ, ਉੱਤਰ ਪੱਛਮੀ ਦਿੱਲੀ ਤੋਂ ਮਨੋਜ ਤਿਵਾੜੀ ਅਤੇ ਦੱਖਣੀ ਦਿੱਲੀ ਤੋਂ ਰਮੇਸ਼ ਬਿਧੂੜੀ ਨੂੰ ਵੀ ਪਹਿਲੀ ਸੂਚੀ ’ਚ ਜਗ੍ਹਾ ਦਿੱਤੀ ਜਾ ਸਕਦੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਪਾਰਟੀ ਉਨ੍ਹਾਂ ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਸਕਦੀ ਹੈ, ਜਿਨ੍ਹਾਂ ਉੱਤੇ ਉਸ ਦੀ ਜਾਂ ਤਾਂ ਮਜ਼ਬੂਤ ਪਕੜ ਹੈ ਜਾਂ ਫਿਰ ਜਿੱਥੇ ਉਹ ਆਪਣੀ ਸਥਿਤੀ ਹੋਰ ਬਿਹਤਰ ਕਰ ਸਕਦੀ ਹੈ।
ਦੱਸਿਆ ਜਾ ਰਿਹਾ ਹੈ ਕਿ 150 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਲਈ 29 ਫਰਵਰੀ ਨੂੰ ਕੇਂਦਰੀ ਚੋਣ ਕਮੇਟੀ ਦੀ ਹੋਣ ਵਾਲੀ ਅਹਿਮ ਮੀਟਿੰਗ ਤੋਂ ਪਹਿਲਾਂ ਲੰਘੇ ਸ਼ਨੀਵਾਰ ਨੂੰ ਭਾਜਪਾ ਹੈੱਡਕੁਆਰਟਰ ’ਚ ਇਸ ਦੀ ਤਿਆਰੀ ਨੂੰ ਲੈ ਕੇ ਬੈਠਕ ਹੋਈ ਸੀ। ਇਸ ’ਚ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਸਮੇਤ ਕਈ ਸੀਨੀਅਰ ਨੇਤਾਵਾਂ ਤੋਂ ਇਲਾਵਾ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਪੱਛਮੀ ਬੰਗਾਲ, ਤੇਲੰਗਾਨਾ ਅਤੇ ਕੇਰਲ ਤੋਂ ਭਾਜਪਾ ਦੇ ਮੁੱਖ ਨੇਤਾਵਾਂ ਨੇ ਸ਼ਿਰਕਤ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ’ਚ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਅਹਿਮ ਚਰਚਾ ਹੋਈ ਅਤੇ ਪਾਰਟੀ ਦੇ ਨੇਤਾਵਾਂ ਨੂੰ ਖਾਸ ਹਦਾਇਤਾਂ ਦਿੱਤੀਆਂ ਗਈਆਂ ਹਨ।