ਟਰੰਪ ਨੂੰ ਵੱਡੀ ਰਾਹਤ, ਅਮਰੀਕੀ ਸੁਪਰੀਮ ਕੋਰਟ ਨੇ ਪ੍ਰਾਇਮਰੀ ਚੋਣ ਲੜਨ ਦੀ ਦਿੱਤੀ ਇਜਾਜ਼ਤ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਬੀਤੇ ਦਿਨ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ। ਅਮਰੀਕੀ ਸੁਪਰੀਮ ਕੋਰਟ ਨੇ ਡੋਨਾਲਡ ਟਰੰਪ ‘ਤੇ ਲਗਾਈ ਗਈ ਪਾਬੰਦੀ ਨੂੰ ਰੱਦ ਕਰ ਦਿੱਤਾ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਕੋਲੋਰਾਡੋ ਸੂਬੇ ਦੀ ਸੁਪਰੀਮ ਕੋਰਟ ਨੇ ਪਿਛਲੇ ਸਾਲ ਦਸੰਬਰ ‘ਚ ਇਕ ਵੱਡੇ ਫ਼ੈਸਲੇ ‘ਚ ਸਾਬਕਾ ਰਾਸ਼ਟਰਪਤੀ ਟਰੰਪ ਦੇ ਚੋਣ ਲੜਨ ‘ਤੇ ਪਾਬੰਦੀ ਲਗਾ ਦਿੱਤੀ ਸੀ। ਹਾਲਾਂਕਿ ਹੁਣ ਅਮਰੀਕੀ ਸੁਪਰੀਮ ਕੋਰਟ ਨੇ ਇਸ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। 

ਸੁਪਰੀਮ ਕੋਰਟ ਦੇ ਇਸ ਫ਼ੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਟਰੰਪ ਨੇ ਇਸ ਨੂੰ ਇਕ ਵੱਡੀ ਜਿੱਤ ਦੱਸਿਆ ਹੈ। ਦੱਸਣਯੋਗ ਹੈ ਕਿ ਅਮਰੀਕੀ ਸੁਪਰੀਮ ਕੋਰਟ ਨੇ ਕੈਪੀਟਲ ਦੰਗਿਆਂ ਲਈ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜ਼ਿੰਮੇਵਾਰ ਠਹਿਰਾਉਣ ਦੀਆਂ ਕੋਸ਼ਿਸ਼ਾਂ ਨੂੰ ਰੱਦ ਕਰ ਦਿੱਤਾ ਹੈ। ਇਸ ਫ਼ੈਸਲੇ ਤੋਂ ਬਾਅਦ ਹੁਣ ਟਰੰਪ ਦਾ ਨਾਂ ਪ੍ਰਾਇਮਰੀ ਬੈਲਟ ‘ਤੇ ਨਜ਼ਰ ਆਵੇਗਾ। ਇਸ ਤੋਂ ਪਹਿਲਾਂ ਇੱਕ ਅਦਾਲਤ ਨੇ ਟਰੰਪ ਨੂੰ ਕੋਲੋਰਾਡੋ ਰਾਜ ਦੇ ਰਿਪਬਲਿਕਨ ਪ੍ਰਾਇਮਰੀ ਵਿੱਚ ਵੋਟਿੰਗ ਤੋਂ ਅਯੋਗ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਦੇ ਜੱਜਾਂ ਨੇ ਸਰਬਸੰਮਤੀ ਨਾਲ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਪਲਟ ਦਿੱਤਾ ਹੈ। ਅਤੇ ਸਾਬਕਾ ਰਾਸ਼ਟਰਪਤੀ ਟਰੰਪ ਨੂੰ  ਇਸ ਹਫ਼ਤੇ ਵੱਡੀ ਗਿਣਤੀ ਵਿਚ ਡੈਲੀਗੇਟ ਮਿਲਣ ਦੀ ਸੰਭਾਵਨਾ ਹੈ। ਜਦੋਂ ਜ਼ਿਆਦਾਤਰ ਰਾਜਾਂ ਵਿੱਚ ਪ੍ਰਾਇਮਰੀ ਅਤੇ ਕਾਕਸ ਚੋਣਾਂ ਹੁੰਦੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਟਰੰਪ ਮੰਗਲਵਾਰ ਨੂੰ ਅਧਿਕਾਰਤ ਤੌਰ ‘ਤੇ ਰਿਪਬਲਿਕਨ ਪਾਰਟੀ ਦੀ ਨਾਮਜ਼ਦਗੀ ਸੁਰੱਖਿਅਤ ਕਰ ਸਕਦੇ ਹਨ।

Leave a Reply

Your email address will not be published. Required fields are marked *