
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 2023 ਦੇ ਉਸ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀਆਂ ਨਿਯੁਕਤੀਆਂ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਭਾਰਤ ਦੇ ਚੀਫ਼ ਜਸਟਿਸ ਨੂੰ ਚੋਣ ਕਮੇਟੀ ਤੋਂ ਬਾਹਰ ਰੱਖਿਆ ਗਿਆ ਹੈ। ਪਟੀਸ਼ਨਰਾਂ ਨੇ ਕਿਹਾ ਕਿ ਚੋਣ ਕਮਿਸ਼ਨਰਾਂ ਦੀ ਚੋਣ ਲਈ ਮੀਟਿੰਗ ਪਹਿਲਾਂ ਤੋਂ ਹੀ ਪ੍ਰਸਤਾਵਿਤ ਸੀ। ਇਸ ‘ਤੇ ਜਸਟਿਸ ਸੰਜੀਵ ਖੰਨਾ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਆਗਸਟਿਨ ਜਾਰਜ ਮਸੀਹ ਦੇ ਬੈਂਚ ਨੇ ਪਟੀਸ਼ਨਰਾਂ ਨੂੰ ਇਸ ਤੱਥ ਦਾ ਜ਼ਿਕਰ ਕਰਦੇ ਹੋਏ ਵੱਖਰੀ ਪਟੀਸ਼ਨ ਦਾਇਰ ਕਰਨ ਲਈ ਕਿਹਾ ਹੈ। ਬੈਂਚ ਨੇ 2023 ਦੇ ਕਾਨੂੰਨ ਤਹਿਤ ਕੀਤੀਆਂ ਨਿਯੁਕਤੀਆਂ ’ਤੇ ਰੋਕ ਲਾਉਣ ਤੋਂ ਇਨਕਾਰ ਕਰਦਿਆਂ ਕਿਹਾ, ‘‘ਆਮ ਤੌਰ ’ਤੇ ਅਸੀਂ ਅੰਤਰਿਮ ਹੁਕਮ ਰਾਹੀਂ ਕਿਸੇ ਕਾਨੂੰਨ ’ਤੇ ਰੋਕ ਨਹੀਂ ਲਗਾਉਂਦੇ।’’ ਉਸ ਨੇ 2023 ਦੇ ਕਾਨੂੰਨ ਦੇ ਅਧੀਨ 2 ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ।