
ਦਿੱਲੀ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਬਰਦਸਤੀ ਕਾਰਵਾਈ ਤੋਂ ਸੁਰੱਖਿਆ ਦੇਣ ਲਈ ਇਨਕਾਰ ਕਰ ਦਿੱਤਾ ਹੈ। ਦਰਅਸਲ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ‘ਚ ਨਵੀਂ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿਚ ਉਨ੍ਹਾਂ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਜਾਰੀ ਕੀਤੇ ਗਏ ਈ. ਡੀ. ਦੇ ਸੰਮਨ ਦੇ ਸੰਬੰਧ ‘ਚ ਉਨ੍ਹਾਂ ਖ਼ਿਲਾਫ਼ ‘ਜ਼ਬਰਦਸਤੀ ਕਾਰਵਾਈ’ ਨਾ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਈ. ਡੀ. ਦੀ ਜਾਂਚ ਵਿਚ ਸ਼ਾਮਲ ਹੋਣਾ ਅਤੇ ਸਹਿਯੋਗ ਕਰਨਾ ਚਾਹੁੰਦੇ ਹਨ। ਉੱਥੇ ਹੀ ਈ. ਡੀ. ਨੇ ਕਿਹਾ ਸੀ ਕਿ ਉਹ ਪਟੀਸ਼ਨ ਦਾਇਰ ਕਰ ਕੇ ਧਿਆਨ ਭਟਕਾ ਰਹੇ ਹਨ। ਹਾਈ ਕੋਰਟ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਸੁਰੱਖਿਆ ਦੀ ਬੇਨਤੀ ਸਬੰਧੀ ਪਟੀਸ਼ਨ ‘ਤੇ ਈ. ਡੀ. ਤੋਂ ਜਵਾਬ ਮੰਗਿਆ ਹੈ।
ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਿਆ ਕਿ ਉਹ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੇ ਸਾਹਮਣੇ ਪੇਸ਼ ਕਿਉਂ ਨਹੀਂ ਹੋ ਰਹੇ ਹਨ। ਇਸ ਤੋਂ ਇਲਾਵਾ ਹਾਈ ਕੋਰਟ ਨੇ ਕੇਜਰੀਵਾਲ ਦੀ ਉਸ ਪਟੀਸ਼ਨ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦਾ ਸਟੈਂਡ ਪੁੱਛਿਆ ਸੀ, ਜਿਸ ‘ਚ ਉਸ ਨੇ ਆਬਕਾਰੀ ਨੀਤੀ ‘ਘਪਲੇ’ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਉਨ੍ਹਾਂ ਖਿਲਾਫ ਜਾਰੀ ਸੰਮਨਾਂ ਨੂੰ ਚੁਣੌਤੀ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਦੀ ਪਟੀਸ਼ਨ ਵਿਚਾਰਨਯੋਗ ਨਹੀਂ ਹੈ। ਪਟੀਸ਼ਨ ‘ਚ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਕੁਝ ਵਿਵਸਥਾਵਾਂ ਨੂੰ ਵੀ ਚੁਣੌਤੀ ਦਿੱਤੀ ਗਈ ਹੈ।