
ਆਮ ਆਦਮੀ ਪਾਰਟੀ (ਆਪ) ਦੀ ਨੇਤਾ ਆਤਿਸ਼ੀ ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਮੰਗਲਵਾਰ ਨੂੰ ਸੁਆਗਤ ਕੀਤਾ। ਦਿੱਲੀ ਦੀ ਮੰਤਰੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਸਿੰਘ ਦੀ ਜ਼ਮਾਨਤ ਦੀ ਖ਼ਬਰ ਸਾਂਝੀ ਕੀਤੀ ਅਤੇ ਲਿਖਿਆ,”ਸੱਤਿਆਮੇਵ ਜਯਤੇ।”
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਿੰਘ ਨੂੰ ਦਿੱਲੀ ਸਰਕਾਰ ਦੀ ਹੁਣ ਰੱਦ ਹੋ ਚੁੱਕੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਪਿਛਲੇ ਸਾਲ ਚਾਰ ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਜੱਜ ਸੰਜੀਵ ਖੰਨਾ, ਜੱਜ ਦੀਪਾਂਕਰ ਦੱਤਾ ਅਤੇ ਜੱਜ ਪੀ.ਬੀ. ਵਰਾਲੇ ਦੀ ਬੈਂਚ ਨੇ 6 ਮਹੀਨਿਆਂ ਤੋਂ ਜੇਲ੍ਹ ‘ਚ ਬੰਦ ਸੰਜੇ ਸਿੰਘ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ। ਈ.ਡੀ. ਨੇ ਕਿਹਾ ਕਿ ਜੇਕਰ ਸਿੰਘ ਨੂੰ ਮਾਮਲੇ ‘ਚ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਸ ਨੂੰ ਕੋਈ ਇਤਰਾਜ਼ ਨਹੀਂ ਹੈ।