
ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ’ਤੇ ਸ਼ੁੱਕਰਵਾਰ ਨੂੰ ਅੰਤਰਿਮ ਰੋਕ ਲਗਾ ਦਿੱਤੀ, ਜਿਸ ’ਚ ਉੱਤਰ ਪ੍ਰਦੇਸ਼ ਮਦਰੱਸਾ ਸਿੱਖਿਆ ਬੋਰਡ ਐਕਟ 2004 ਨੂੰ ‘ਅਸੰਵਿਧਾਨਕ’ ਅਤੇ ਧਰਮ ਨਿਰਪੱਖਤਾ ਦੇ ਸਿਧਾਂਤ ਦੀ ਉਲੰਘਣਾ ਕਰਾਰ ਦਿੱਤਾ ਸੀ। ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਪਟੀਸ਼ਨਾਂ ’ਤੇ ਕੇਂਦਰ, ਉੱਤਰ ਪ੍ਰਦੇਸ਼ ਸਰਕਾਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਬੈਂਚ ’ਚ ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਹਨ। ਸਿਖਰਲੀ ਅਦਾਲਤ ਨੇ ਕਿਹਾ ਕਿ ਹਾਈ ਕੋਰਟ ਨੇ 2004 ਦੇ ਐਕਟ ਦੇ ਉਪਬੰਧਾਂ ਦੀ ਗਲਤ ਵਿਆਖਿਆ ਕੀਤੀ। ਇਲਾਹਾਬਾਦ ਹਾਈ ਕੋਰਟ ਨੇ 22 ਮਾਰਚ ਨੂੰ ਉੱਤਰ ਪ੍ਰਦੇਸ਼ ਮਦਰੱਸਾ ਸਿੱਖਿਆ ਬੋਰਡ ਐਕਟ 2004 ਨੂੰ ‘ਗੈਰ-ਸੰਵਿਧਾਨਕ’ ਅਤੇ ਧਰਮ ਨਿਰਪੱਖਤਾ ਦੇ ਸਿਧਾਂਤ ਦੀ ਉਲੰਘਣਾ ਕਰਾਰ ਦਿੱਤਾ ਸੀ।