
ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਲਈ ਜਨਤਾ ਤੋਂ ਸਮਰਥਨ ਮੰਗਣ ਲਈ ਸੋਮਵਾਰ ਨੂੰ ‘ਜੇਲ੍ਹ ਦਾ ਜਵਾਬ ਵੋਟ ਨਾਲ’ ਮੁਹਿੰਮ ਦੀ ਸ਼ੁਰੂਆਤ ਕੀਤੀ। ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ,”ਕੇਜਰੀਵਾਲ ਨੂੰ ਇਕ ਵੱਡੀ ਸਾਜਿਸ਼ ਦੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ। ਇਹ ਪਹਿਲੀ ਵਾਰ ਹੈ ਕਿ ਕਿਸੇ ਮੌਜੂਦਾ ਮੁੱਖ ਮੰਤਰੀ ਨੂੰ ਲੋਕ ਸਭਾ ਚੋਣਾਂ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਅਸੀਂ ‘ਜੇਲ੍ਹ ਦਾ ਜਵਾਬ ਵੋਟ ਨਾਲ’ ਮੁਹਿੰਮ ਸ਼ੁਰੂ ਕਰ ਰਹੇ ਹਾਂ ਅਤੇ ਅਸੀਂ ਚਾਹੁੰਦੇ ਹਾਂ ਕਿ ਆਪ (ਲੋਕ) ਕੇਜਰੀਵਾਲ ਨੂੰ ਮਜ਼ਬੂਤ ਬਣਾਉਣ।”’ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਜਦੋਂ ਉਹ ਵੋਟ ਦੇਣ ਜਾਣ ਤਾਂ ਕੇਜਰੀਵਾਲ ਦਾ ਚਿਹਰਾ ਯਾਦ ਕਰਨ। ਸੰਜੇ ਸਿੰਘ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਇਸੇ ਹਫ਼ਤੇ ਜ਼ਮਾਨਤ ‘ਤੇ ਜੇਲ੍ਹ ਤੋਂ ਰਿਹਾਅ ਹੋਏ ਹਨ। ਕੇਜਰੀਵਾਲ ਨੂੰ ਈ.ਡੀ. ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ 15 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਹਨ। ਉਹ ਫਿਲਹਾਲ ਤਿਹਾੜ ਜੇਲ੍ਹ ‘ਚ ਬੰਦ ਹਨ।