
ਅਕਾਲੀ ਪਰਿਵਾਰ ਸਾਬਕਾ ਅਕਾਲੀ ਮੰਤਰੀ ਦੇ ਨਾਲ ਸੰਬੰਧ ਰੱਖਦਾ ਹੈ ਅਤੇ ਮਾਲਵਾ ਖੇਤਰ ’ਚ ਉਨ੍ਹਾਂ ਦਾ ਕਾਫੀ ਪ੍ਰਭਾਵ ਦੱਸਿਆ ਜਾਂਦਾ ਹੈ। ਭਾਜਪਾ ਨੂੰ ਇਸ ਸਮੇਂ ਮਾਲਵਾ ’ਚ ਕਈ ਸੀਟਾਂ ’ਤੇ ਉਮੀਦਵਾਰਾਂ ਦੀ ਚੋਣ ਕਰਨ ’ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਭਾਜਪਾ ਨੇ ਅਜੇ ਤਕ ਮਾਲਵਾ ਦੀਆਂ ਕਈ ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਕਿਉਂਕਿ ਭਾਜਪਾ ਹੋਰ ਪਾਰਟੀਆਂ ਤੋਂ ਆਗੂਆਂ ਨੂੰ ਆਪਣੀ ਪਾਰਟੀ ’ਚ ਲਿਆ ਕੇ ਉਨ੍ਹਾਂ ਨੂੰ ਉਮੀਦਵਾਰ ਬਣਾਉਣਾ ਚਾਹੁੰਦੀ ਹੈ। ਭਾਜਪਾ ਨੇ ਅਜੇ ਸੰਗਰੂਰ, ਬਠਿੰਡਾ, ਫਿਰੋਜ਼ਪੁਰ ਆਦਿ ਅਹਿਮ ਸੀਟਾਂ ’ਤੇ ਆਪਣੇ ਉਮੀਦਵਾਰ ਐਲਾਨੇ ਹਨ। ਹੁਸ਼ਿਆਰਪੁਰ ਲੋਕ ਸਭਾ ਸੀਟ ’ਤੇ ਵੀ ਭਾਜਪਾ ਨੇ ਅਜੇ ਆਪਣਾ ਉਮੀਦਵਾਰ ਨਹੀਂ ਐਲਾਨਿਆ।
ਸਿਆਸੀ ਹਲਕਿਆਂ ’ਚ ਮੰਨਿਆ ਜਾ ਰਿਹਾ ਹੈ ਕਿ ਅਗਲਾ ਇਕ ਹਫ਼ਤਾ ਕਾਫ਼ੀ ਅਹਿਮ ਸਿੱਧ ਹੋ ਸਕਦਾ ਹੈ। ਦੂਜੇ ਪਾਸੇ ਭਾਜਪਾ ਦੇ ਕੁਝ ਆਗੂ ਕਿਸਾਨਾਂ ਦੀ ਬੈਠਕ ਕੇਂਦਰੀ ਲੀਡਰਸ਼ਿਪ ਨਾਲ ਕਰਵਾਉਣ ਦਾ ਯਤਨ ਕਰ ਰਹੇ ਹਨ ਕਿਉਂਕਿ ਸੂਬੇ ’ਚ ਭਾਜਪਾ ਦੇ ਕੁਝ ਉਮੀਦਵਾਰਾਂ ਨੂੰ ਕਿਸਾਨਾਂ ਵੱਲੋਂ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਪੰਜਾਬ ਇਕਾਈ ਦੇ ਆਗੂ ਚਾਹੁੰਦੇ ਹਨ ਕਿ ਚੋਣ ਨੋਟੀਫਿਕੇਸ਼ਨ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਦੀ ਬੈਠਕ ਪ੍ਰਧਾਨ ਮੰਤਰੀ ਨਾਲ ਕਰਵਾ ਦਿੱਤੀ ਜਾਵੇ ਤਾਂ ਕਿ ਕਿਸਾਨਾਂ ਨੂੰ ਸ਼ਾਂਤ ਕੀਤਾ ਜਾ ਸਕੇ।