
ਲੋਕ ਸਭਾ ਚੋਣਾਂ ਵਿਚਾਲੇ ਸਿਆਸਤ ਵਿਚ ਉਲਟਫੇਰ ਦਾ ਦੌਰ ਲਗਾਤਾਰ ਜਾਰੀ ਹੈ। ਇਸ ਵਿਚਾਲੇ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੌਜੂਦਾ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਇਸ ਵਾਰ ਉੱਥੋਂ ਚੋਣ ਨਹੀਂ ਲੜਣਗੇ। ਉਨ੍ਹਾਂ ਵੱਲੋਂ ਹਾਲ ਹੀ ਵਿਚ ਕੀਤੀ ਗਈ ਸੋਸ਼ਲ ਮੀਡੀਆ ਪੋਸਟ ਤੋਂ ਕੁਝ ਅਜਿਹੇ ਹੀ ਸੰਕੇਤ ਮਿਲ ਰਹੇ ਹਨ। ਇਸ ਗੱਲ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਕਿਸੇ ਹੋਰ ਹਲਕੇ ਤੋਂ ਚੋਣ ਮੈਦਾਨ ਵਿਚ ਉਤਰ ਸਕਦੇ ਹਨ। ਇੱਥੇ ਦੱਸ ਦਈਏ ਕਿ ਬੀਤੇ ਦਿਨੀਂ ਕਾਂਗਰਸ ਪਾਰਟੀ ਨੇ ਲੋਕ ਸਭਾ ਉਮੀਦਵਾਰਾਂ ਲਈ ਪੰਜਾਬ ਦੀ ਪਹਿਲੀ ਸੂਚੀ ਜਾਰੀ ਕੀਤੀ ਜਿਸ ਵਿਚ ਸੂਬੇ ਦੀਆਂ 6 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚ ਪਾਰਟੀ ਨੇ 2 ਮੌਜੂਦਾ ਸੰਸਦ ਮੈਂਬਰਾਂ, ਗੁਰਜੀਤ ਸਿੰਘ ਔਜਲਾ ਤੇ ਅਮਰ ਸਿੰਘ ਨੂੰ ਤਾਂ ਮੁੜ ਟਿਕਟ ਦੇ ਦਿੱਤੀ, ਪਰ ਇਸ ਸੂਚੀ ਵਿਚ ਡਿੰਪਾ ਦਾ ਨਾਂ ਨਹੀਂ ਸੀ।
ਇਸ ਤੋਂ ਇਲਾਵਾ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦੀ ਟਿਕਟ ਬਾਰੇ ਵੀ ਸਸਪੈਂਸ ਬਰਕਰਾਰ ਹੈ। ਕਾਂਗਰਸ ਪਾਰਟੀ ਵੱਲੋਂ ਪੰਜਾਬ ਦੀ ਹਾਟ ਸੀਟ ਬਣੇ ਹੋਏ ਜਲੰਧਰ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ, ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਫ਼ਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ, ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ, ਜਦਕਿ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ।