
ਗਾਜ਼ਾ ਵਿਚ ਇਜ਼ਰਾਈਲ ਦੇ ਹਮਲਿਆਂ ਵਿਰੁੱਧ ਵਿਦਿਆਰਥੀ ਪ੍ਰਦਰਸ਼ਨ ਕੋਲੰਬੀਆ ਅਤੇ ਯੇਲ ਸਮੇਤ ਅਮਰੀਕਾ ਦੀਆਂ ਕਈ ਯੂਨੀਵਰਸਿਟੀਆਂ ਵਿਚ ਫੈਲ ਗਿਆ ਹੈ ਅਤੇ ਅਧਿਕਾਰੀ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸੋਮਵਾਰ ਰਾਤ ਨੂੰ ਨਿਊਯਾਰਕ ਯੂਨੀਵਰਸਿਟੀ ‘ਚ ਵਿਦਿਆਰਥੀ ਪ੍ਰਦਰਸ਼ਨ ਨੂੰ ਖ਼ਤਮ ਕਰਨ ਲਈ ਪੁਲਸ ਨੂੰ ਦਖਲ ਦੇਣਾ ਪਿਆ ਅਤੇ ਇਸ ਸਬੰਧ ‘ਚ ਕਈ ਗ੍ਰਿਫ਼ਤਾਰੀਆਂ ਵੀ ਕੀਤੀਆਂ ਗਈਆਂ।
ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਯੇਲ ਯੂਨੀਵਰਸਿਟੀ ਦੇ ਕਈ ਵਿਦਿਆਰਥੀਆਂ ਨੂੰ ਦਿਨ ਦੇ ਸ਼ੁਰੂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦੋਂ ਕਿ ਕੋਲੰਬੀਆ ਨੇ ਕਲਾਸਾਂ ਰੱਦ ਕਰ ਦਿੱਤੀਆਂ ਹਨ। ਇਸੇ ਤਰ੍ਹਾਂ ਬਰਕਲੇ, ਐਮ.ਆਈ.ਟੀ ਅਤੇ ਦੇਸ਼ ਭਰ ਦੇ ਹੋਰ ਪ੍ਰਮੁੱਖ ਕਾਲਜਾਂ ਵਿੱਚ ਵੀ ਰੋਸ ਦੀ ਆਵਾਜ਼ ਬੁਲੰਦ ਕੀਤੀ ਗਈ ਅਤੇ ਵਿਦਿਆਰਥੀਆਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਜ਼ਰਾਈਲ-ਗਾਜ਼ਾ ਯੁੱਧ ਅਤੇ ਪਿਛਲੇ ਸਾਲ 7 ਅਕਤੂਬਰ ਨੂੰ ਇਜ਼ਰਾਈਲ ‘ਤੇ ਹਮਾਸ ਦੇ ਰਾਕੇਟ ਫਾਇਰ ਤੋਂ ਬਾਅਦ ਬੋਲਣ ਦੀ ਆਜ਼ਾਦੀ, ਪ੍ਰਦਰਸ਼ਨ ਅਤੇ ਗਰਮ ਬਹਿਸ ਨੇ ਅਮਰੀਕੀ ਯੂਨੀਵਰਸਿਟੀ ਕੈਂਪਸ ਨੂੰ ਹਿਲਾ ਦਿੱਤਾ ਹੈ।