ਚੋਣ ਪ੍ਰਚਾਰ ਲਈ ਪੰਜਾਬ ਆਉਣਗੇ ਮੋਦੀ, ਯੋਗੀ ਤੇ ਸ਼ਾਹ! ਅਗਲੇ ਮਹੀਨੇ ਭਖੇਗੀ ਸੂਬੇ ਦੀ ਸਿਆਸਤ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ ਕਈ ਵੱਡੇ ਆਗੂ ਪੰਜਾਬ ’ਚ ਚੋਣ ਪ੍ਰਚਾਰ ਕਰਨ ਆਉਣਗੇ। ਇਸ ਸਬੰਧੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨਾਲ ਸੋਮਵਾਰ ਨੂੰ ਮੀਟਿੰਗ ਕਰ ਕੇ ਚੋਣ ਰਣਨੀਤੀ ਬਾਰੇ ਵਿਚਾਰ ਚਰਚਾ ਕੀਤੀ ਗਈ। ਇਹ ਮੀਟਿੰਗ ਹੋਰ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਭਾਜਪਾ ਇਸ ਵਾਰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਆਪਣੇ ਬਲਬੂਤੇ ਉੱਤੇ ਚੋਣ ਲੜ ਰਹੀ ਹੈ। ਭਾਜਪਾ ਵੱਲੋਂ ਹੁਣ ਤੱਕ 9 ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਬਾਕੀ ਚਾਰ ਹਲਕਿਆਂ ਲਈ ਉਮੀਦਵਾਰਾਂ ਦੇ ਨਾਂ ਦਾ ਐਲਾਨ ਵੀ ਇਸੇ ਹਫ਼ਤੇ ਹੋਣ ਦੀ ਸੰਭਾਵਨਾ ਹੈ।

ਇਨ੍ਹਾਂ ਰੈਲੀਆਂ ਲਈ ਅਜੇ ਤੱਕ ਲੋਕ ਸਭਾ ਹਲਕਿਆਂ ਦੀ ਚੋਣ ਨਹੀਂ ਕੀਤੀ ਗਈ। ਮਈ ਦੇ ਆਖ਼ਰੀ ਹਫ਼ਤੇ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਯੋਗੀ ਆਦਿੱਤਿਆਨਾਥ ਤੇ ਰਾਜਨਾਥ ਸਿੰਘ ਤੋਂ ਇਲਾਵਾ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਹਰਦੀਪ ਸਿੰਘ ਪੁਰੀ ਵੱਲੋਂ ਚੋਣ ਮੈਦਾਨ ਨੂੰ ਪੂਰੀ ਤਰ੍ਹਾਂ ਭਖਾਇਆ ਜਾਵੇਗਾ। ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਵੱਲੋਂ ਪੰਜਾਬ ’ਚ ਦਰਜਨ ਭਰ ਰੈਲੀਆਂ ਕਰਨ ਦੀ ਚਰਚਾ ਹੈ। ਇਨ੍ਹਾਂ ਤੋਂ ਇਲਾਵਾ ਸਮ੍ਰਿਤੀ ਇਰਾਨੀ, ਅਨੁਰਾਗ ਠਾਕੁਰ, ਅਰਜੁਨ ਰਾਮ ਮੇਘਵਾਲ, ਮਨਸੁਖ ਮਾਂਡਵੀਆ ਵਰਗੇ ਆਗੂ ਵੀ ਮਈ ਮਹੀਨੇ ਪੰਜਾਬ ’ਚ ਚੋਣ ਪ੍ਰਚਾਰ ਕਰਨ ਲਈ ਆਉਣਗੇ। ਕੇਂਦਰੀ ਲੀਡਰਸ਼ਿਪ ਸਾਰੀਆਂ ਸੀਟਾਂ ’ਤੇ ਚੋਣ ਪ੍ਰਚਾਰ ਕਰੇਗੀ।

Leave a Reply

Your email address will not be published. Required fields are marked *