ਸੁਪਰੀਮ ਕੋਰਟ ਦਾ ਸਖ਼ਤ ਰਵੱਈਆ, GST ਨਿਯਮਾਂ  ਤਹਿਤ ਸਾਰਿਆਂ ਨੂੰ ਸਲਾਖਾਂ ਪਿੱਛੇ ਨਹੀਂ ਭੇਜਿਆ ਜਾ ਸਕਦਾ

ਸੁਪਰੀਮ ਕੋਰਟ ਨੇ ਕੇਂਦਰ ਤੋਂ ਗੁਡਸ ਐਂਡ ਸਰਵਿਸਿਜ਼ ਟੈਕਸ (ਜੀ. ਐੱਸ. ਟੀ.) ਦੀਆਂ ਵਿਵਸਥਾਵਾਂ ਅਧੀਨ ਜਾਰੀ ਕੀਤੇ ਗਏ ਨੋਟਿਸਾਂ ਤੇ ਗ੍ਰਿਫਤਾਰੀਆਂ ਦੇ ਵੇਰਵੇ ਮੰਗੇ ਹਨ। ਅਦਾਲਤ ਨੇ ਕਿਹਾ ਕਿ ਇਸ ਨਾਲ ਜੁੜੇ ਸਾਰੇ ਮਾਮਲਿਆਂ ਵਿਚ ਲੋਕਾਂ ਨੂੰ ਸਲਾਖਾਂ ਪਿੱਛੇ ਨਹੀਂ ਭੇਜਿਆ ਜਾ ਸਕਦਾ।  ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਉਹ ਕਾਨੂੰਨ ਦੀ ਵਿਆਖਿਆ ਕਰ ਸਕਦੀ ਹੈ ਤੇ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਤੰਗ-ਪ੍ਰੇਸ਼ਾਨੀ ਤੋਂ ਬਚਾਉਣ ਲਈ ਦਿਸ਼ਾ-ਨਿਰਦੇਸ਼ ਦੇ ਸਕਦੀ ਹੈ।

ਜਸਟਿਸ ਸੰਜੀਵ ਖੰਨਾ, ਜਸਟਿਸ ਐੱਮ. ਐੱਮ. ਸੁੰਦਰੇਸ਼ ਤੇ ਜਸਟਿਸ ਬੇਲਾ ਐੱਮ. ਤ੍ਰਿਵੇਦੀ ਦੀ ਵਿਸ਼ੇਸ਼ ਬੈਂਚ ਨੇ ਜੀ. ਐੱਸ. ਟੀ. ਦੀ ਧਾਰਾ 69 ’ਚ ਅਸਪੱਸ਼ਟਤਾ ’ਤੇ ਚਿੰਤਾ ਜ਼ਾਹਰ ਕੀਤੀ, ਜੋ ਗ੍ਰਿਫਤਾਰੀ ਦੀਆਂ ਸ਼ਕਤੀਆਂ ਨਾਲ ਸਬੰਧਤ ਹੈ। ਬੈਂਚ ਜੀ. ਐੱਸ. ਟੀ. ਐਕਟ, ਕਸਟਮ ਐਕਟ ਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਵੱਖ-ਵੱਖ ਵਿਵਸਥਾਵਾਂ ਨੂੰ ਚੁਣੌਤੀ ਦੇਣ ਵਾਲੀਆਂ 281 ਪਟੀਸ਼ਨਾਂ ਦੀ ਸੁਣਵਾਈ ਕਰ ਰਿਹਾ ਹੈ। ਬੈਂਚ ਨੇ ਕਿਹਾ ਕਿ ਜੇ ਲੋੜ ਪਈ ਤਾਂ ਉਹ ਆਜ਼ਾਦੀ ਨੂੰ ਮਜ਼ਬੂਤ ਕਰਨ ਲਈ ਕਾਨੂੰਨ ਦੀ ਵਿਆਖਿਆ ਕਰੇਗਾ ਪਰ ਨਾਗਰਿਕਾਂ ਨੂੰ ਤੰਗ ਨਹੀਂ ਹੋਣ ਦੇਵੇਗਾ।

ਬੈਂਚ ਨੇ ਕਿਹਾ ਕਿ ਧੋਖਾਧੜੀ ਦੇ ਮਾਮਲਿਆਂ ਅਤੇ ਅਣਜਾਣੇ ਜਾਂ ਹਾਨੀ-ਰਹਿਤ ਚੂਕ ਵਿਚਾਲੇ ਫ਼ਰਕ ਹੋਣਾ ਚਾਹੀਦਾ ਹੈ। ਬੈਂਚ ਨੇ ਕੇਂਦਰ ਸਰਕਾਰ ਨੂੰ ਬੀਤੇ 3 ਸਾਲਾਂ ਵਿਚ ਇਕ ਤੋਂ 5 ਕਰੋੜ ਰੁਪਏ ਦੇ ਡਿਫਾਲਟ ਲਈ GST ਨਿਯਮ ਵਿਚ ਜਾਰੀ ਕੀਤੇ ਗਏ ਨੋਟਿਸ ਅਤੇ ਗ੍ਰਿਫ਼ਤਾਰੀਆਂ ਨਾਲ ਜੁੜਿਆ ਅੰਕੜਾ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। 

Leave a Reply

Your email address will not be published. Required fields are marked *