
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੌਜੂਦਾ ਲੋਕ ਸਭਾ ਚੋਣਾਂ ‘ਚ ਪ੍ਰਚਾਰ ਲਈ ਇਕ ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਜੱਜ ਸੰਜੀਵ ਖੰਨਾ ਅਤੇ ਜੱਜ ਦੀਪਾਂਕਰ ਦੱਤਾ ਦੀ ਬੈਂਚ ਨੇ ਕਿਹਾ ਕਿ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਕੇਜਰੀਵਾਲ ਨੂੰ 2 ਜੂਨ ਨੂੰ ਆਤਮਸਮਰਪਣ ਕਰਨਾ ਹੋਵੇਗਾ ਅਤੇ ਵਾਪਸ ਜੇਲ੍ਹ ਜਾਣਾ ਹੋਵੇਗਾ। ਬੈਂਚ ਨੇ ਕੇਜਰੀਵਾਲ ਵਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਅਪੀਲ ਕੀਤੀ ਸੀ ਕਿ 4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਇਕ ਦਿਨ ਬਾਅਦ 5 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਜਾਵੇ, ਜਿਸ ਨੂੰ ਬੈਂਚ ਨੇ ਅਸਵੀਕਾਰ ਕਰ ਦਿੱਤਾ। ਉੱਥੇ ਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਚੋਣ ਪ੍ਰਚਾਰ ਦੇ ਆਧਾਰ ‘ਤੇ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੱਤੇ ਜਾਣ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਅਜਿਹਾ ਕੋਈ ਉਦਾਹਰਣ ਨਹੀਂ ਹੈ। ਕੋਰਟ ਨੇ ਈ.ਡੀ. ਨੂੰ ਕਿਹਾ ਕਿ ਕੇਜਰੀਵਾਲ ਨੂੰ 21 ਦਿਨ ਲਈ ਅੰਤਰਿਮ ਜ਼ਮਾਨਤ ਦੇਣ ਨਾਲ ਕੋਈ ਖ਼ਾਸ ਫ਼ਰਕ ਨਹੀਂ ਪਵੇਗਾ। ਸੁਪਰੀਮ ਕੋਰਟ ਇਸ ਮਾਮਲੇ ‘ਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ ਪਿਛਲੇ ਮਹੀਨੇ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ। ਇਹ ਮਾਮਲਾ ਦਿੱਲੀ ਸਰਕਾਰ ਦੀ ਹੁਣ ਖ਼ਤਮ ਹੋ ਚੁੱਕੀ ਆਬਕਾਰੀ ਨੀਤੀ ਦੇ ਨਿਰਮਾਣ ਅਤੇ ਲਾਗੂ ਕਰਨ ‘ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸੰਬੰਧਤ ਹੈ।