
ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਪੁਲਸ ਸੂਤਰਾਂ ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੀ ਰਾਜ ਸਭਾ ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਟਾਫ਼ ਖਿਲਾਫ਼ ਸਨਸਨੀਖੇਜ਼ ਦੋਸ਼ ਲਾਏ ਹਨ। ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਕੇਜਰੀਵਾਲ ਦੇ ਨਿੱਜੀ ਸਟਾਫ਼ ਦੇ ਇਕ ਮੈਂਬਰ ‘ਤੇ ਮਾੜਾ ਵਤੀਰਾ ਕਰਨ ਦਾ ਦੋਸ਼ ਲਾਇਆ ਹੈ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ‘ਆਪ’ ਦੀ ਰਾਜ ਸਭਾ ਸੰਸਦ ਮੈਂਬਰ ਸਵਾਤੀ ਮਾਲੀਵਾਲ ਸੋਮਵਾਰ ਨੂੰ ਸਿਵਲ ਲਾਈਨਜ਼ ਥਾਣੇ ਪਹੁੰਚੀ ਅਤੇ ਉਕਤ ਦੋਸ਼ ਲਾਇਆ। ਪੁਲਸ ਨੂੰ ਹੁਣ ਤੱਕ ਇਸ ਮਾਮਲੇ ਵਿਚ ਕੋਈ ਰਸਮੀ ਸ਼ਿਕਾਇਤ ਨਹੀਂ ਮਿਲੀ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਮਾਲੀਵਾਲ ਨੇ ਕਹਾਸੁਣੀ ਮਗਰੋਂ ਪੀ. ਸੀ. ਆਰ. ਨੂੰ ਕਾਲ ਵੀ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਸਵੇਰੇ 10 ਵਜੇ ਦੋ ਫੋਨ ਕਾਲ ਕੀਤੇ ਗਏ ਸਨ। ਇਸ ਤੋਂ ਬਾਅਦ ਸਿਵਲ ਲਾਈਨਜ਼ ਥਾਣੇ ਦੀ ਇਕ ਟੀਮ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚੀ ਸੀ। ਮੁੱਖ ਮੰਤਰੀ ਦੀ ਰਿਹਾਇਸ਼ ਜਾਂ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।