
ਪੰਜਾਬ ਨੇ ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਮੰਗਲਵਾਰ ਨੂੰ ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ‘ਆਪ’ ‘ਚ ਸ਼ਾਮਲ ਹੋ ਗਏ। ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਫ਼ਿਰੋਜ਼ਪੁਰ ਲੋਕ ਸਭਾ ਹਲਕੇ ‘ਚ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਵੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ, ਜਿਸ ਨਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸੱਤਾਧਾਰੀ ਪਾਰਟੀ (ਆਪ) ਨੂੰ ਹੋਰ ਮਜ਼ਬੂਤੀ ਮਿਲੀ ਹੈ।
ਭਾਜਪਾ ਦੇ 2 ਵਾਰ (2002 ਅਤੇ 2007 ਵਿਚ) ਵਿਧਾਇਕ ਰਹੇ ਸੁਖਪਾਲ ਸਿੰਘ ਨੰਨੂ 2021 ਵਿਚ ਕਿਸਾਨ ਅੰਦੋਲਨ ਦੌਰਾਨ ਭਾਜਪਾ ਛੱਡ ਗਏ ਸਨ। ਉਸ ਸਮੇਂ ਉਨ੍ਹਾਂ ਕਿਹਾ ਸੀ ਕਿ ਭਾਜਪਾ ਦੇ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ ਅਤੇ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਬਹੁਤ ਨਿਰਾਸ਼ ਕੀਤਾ ਹੈ। ‘ਆਪ’ਵਿੱਚ ਸ਼ਾਮਲ ਹੋਣ ਮਗਰੋਂ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨ ਪੱਖੀ ਸਰਕਾਰ ਹੈ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਖੇਤੀ ਸੈਕਟਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ, ਕਿਸਾਨਾਂ ਨੂੰ ਦਿਨ ਦੇ ਸਮੇਂ ਨਹਿਰੀ ਪਾਣੀ ਅਤੇ ਲੋੜੀਂਦੀ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਵੱਲ ਵੀ ਪਹਿਲੀ ਵਾਰ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।
ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਦਰਸ਼ਨ ਸਿੰਘ ਕੋਟਫੱਤਾ, ਸੇਵਾਮੁਕਤ ਸਰਕਾਰੀ ਕਰਮਚਾਰੀ ਹਨ, ਉਹ 2012 ਵਿੱਚ ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਦੇ ਵਿਧਾਇਕ ਰਹੇ ਚੁੱਕੇ ਹਨ। ਉਨ੍ਹਾਂ ਨੇ 2022 ਵਿੱਚ ਭੁੱਚੋ ਮੰਡੀ (ਐਸਸੀ) ਹਲਕੇ ਤੋਂ ਪੰਜਾਬ ਵਿਧਾਨ ਸਭਾ ਚੋਣ ਵੀ ਲੜੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰਤ ਤੌਰ ‘ਤੇ ਦੋਵਾਂ ਆਗੂਆਂ ਨੂੰ ‘ਆਪ’ ‘ਚ ਸ਼ਾਮਲ ਕਰਦਿਆਂ ਕਿਹਾ ਕਿ ਹਰ ਪੰਜਾਬ ਪੱਖੀ ਆਵਾਜ਼ ਦਾ ਆਮ ਆਦਮੀ ਪਾਰਟੀ ‘ਚ ਸਵਾਗਤ ਹੈ।