
ਪੰਜਾਬ ਦੀਆਂ ਲੋਕ ਸਭਾ ਚੋਣਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕਾਂ ’ਚ ਭਾਜਪਾ ਪ੍ਰਤੀ ਭਰੋਸਾ ਵਧਣ ਲੱਗਿਆ ਹੈ। ਬੇਸ਼ੱਕ ਇਸ ਵਾਰ ਪਾਰਟੀ 13 ’ਚੋਂ ਕੋਈ ਵੀ ਸੀਟ ਨਹੀਂ ਜਿੱਤ ਸਕੀ ਪਰ ਵਧੀ ਹੋਈ ਵੋਟ ਪ੍ਰਤੀਸ਼ਤਤਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ’ਚ ਦਿਨੋਂ-ਦਿਨ ਮਜ਼ਬੂਤ ਹੋ ਕੇ ਭਾਜਪਾ ਨੇ ਸਿਆਸੀ ਅੰਗੜਾਈ ਲਈ ਹੈ। ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਲੋਕ ਸਭਾ ਚੋਣਾਂ ਦੇ ਅੰਕੜਿਆਂ ਦੇ ਆਧਾਰ ’ਤੇ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸੂਬੇ ’ਚ ਸਭ ਤੋਂ ਵੱਧ ਸਿਆਸੀ ਉਭਾਰ ਕਰਨ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਭਾਜਪਾ ਦੀ ਵੋਟ ਪ੍ਰਤੀਸ਼ਤਤਾ ਲਗਭਗ ਤਿੰਨ ਗੁਣਾ ਵਧੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ 6.6 ਫੀਸਦੀ ਵੋਟਾਂ ਮਿਲੀਆਂ ਸਨ ਜਦਕਿ ਇਨ੍ਹਾਂ ਲੋਕ ਸਭਾ ਚੋਣਾਂ ’ਚ ਤਕਰੀਬਨ 18.56% ਵੋਟਾਂ ਪਈਆਂ ਹਨ। ਇਹ ਇਸ ਗੱਲ ਦਾ ਸਬੂਤ ਹੈ ਕਿ ਤਮਾਮ ਮੁਸ਼ਕਿਲਾਂ ਦੇ ਬਾਵਜੂਦ ਪਾਰਟੀ ਆਪਣਾ ਸੁਨੇਹਾ ਲੋਕਾਂ ਤਕ ਪਹੁੰਚਾਉਣ ’ਚ ਕਾਮਯਾਬ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਪਣੇ ਪ੍ਰਦਰਸ਼ਨ ਨਾਲ ਸਾਰਿਆਂ ਨੂੰ ਹੈਰਾਨ ਕਰ ਦੇਵੇਗੀ।