
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਵਿਚ ਵਾਪਰੇ ਰੇਲ ਹਾਦਸੇ ਦੇ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੂੰ ਘਟਨਾ ਵਾਲੀ ਥਾਂ ਦਾ ਦੌਰਾ ਕਰਨ ਦਾ ਨਿਰਦੇਸ਼ ਦਿੱਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਆਪਣੀ ਪੋਸਟ ਵਿਚ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਬੰਗਾਲ ਵਿਚ ਵਾਪਰੇ ਰੇਲ ਹਾਦਸੇ ‘ਚ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਆਫ਼ਤ ਫੰਡ (PMNRF) ਤੋਂ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਪੋਸਟ ਵਿਚ ਹਾਦਸੇ ‘ਤੇ ਦੁੱਖ਼ ਜਤਾਉਂਦੇ ਹੋਏ ਲਿਖਿਆ ਕਿ ਪੱਛਮੀ ਬੰਗਾਲ ‘ਚ ਰੇਲ ਹਾਦਸਾ ਦੁਖ਼ਦ ਹੈ। ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ, ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਦਿੱਤਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਛੇਤੀ ਤੋਂ ਛੇਤੀ ਠੀਕ ਹੋ ਜਾਣ। ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪ੍ਰਭਾਵਿਤਾਂ ਦੀ ਮਦਦ ਲਈ ਬਚਾਅ ਮੁਹਿੰਮ ਜਾਰੀ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਣਵ ਜੀ ਵੀ ਹਾਦਸੇ ਵਾਲੀ ਥਾਂ ‘ਤੇ ਜਾ ਰਹੇ ਹਨ।