
ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਟਿੱਬਾ ਨੇੜੇ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਕੂਟਰੀ ਅਤੇ ਮੋਟਰਸਾਈਕਲ ਵਿਚਾਲੇ ਜ਼ੋਰਦਾਰ ਟੱਕਰ ਹੋਈ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਤਿੰਨ ਹੋਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਥਾਨਕ ਸੀਐਚਸੀ ਸੈਂਟਰ ਟਿੱਬਾ ਵਿਖੇ ਭਰਤੀ ਕਰਵਾਇਆ ਗਿਆ ਹੈ। ਹਾਦਸੇ ਵਾਲੀ ਥਾਂ ਤੇ ਪਹੁੰਚ ਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਬੀਤੇ ਦੇਰ ਰਾਤ ਕਰੀਬ ਨੌ ਵਜੇ ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਰੋਡ ਉਤੇ ਟਿੱਬਾ ਤੋਂ ਕੁਝ ਦੂਰੀ ਉੱਤੇ ਵਾਹਨਾਂ ਦੀ ਜ਼ੋਰਦਾਰ ਟੱਕਰ ਹੋਣ ਕਾਰਨ ਹਾਦਸਾ ਵਾਪਰ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਸੀਐਚਸੀ ਸੈਂਟਰ ਟਿੱਬਾ ਭਰਤੀ ਕਰਵਾਇਆ। ਹਾਦਸੇ ਵਾਲੇ ਥਾਂ ਤੋਂ ਬਾਈਕ ਅਤੇ ਐਕਟਿਵਾ ਬੁਰੀ ਤਰ੍ਹਾਂ ਹਾਦਸਾਗ੍ਰਸਤ ਮਿਲੀ ਹੈ।