
ਚੰਡੀਗੜ੍ਹ ‘ਚ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ। ਗਰਮੀ ਦਾ ਇੰਨਾ ਲੰਬਾ ਦੌਰ ਚੰਡੀਗੜ੍ਹ ਵਿੱਚ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ। ਤਾਪਮਾਨ ਅਜੇ ਵੀ 44 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਜੋ ਕਿ ਆਮ ਨਾਲੋਂ ਲਗਭਗ 8 ਡਿਗਰੀ ਸੈਲਸੀਅਸ ਵੱਧ ਹੈ।
ਮੌਸਮ ਵਿਭਾਗ ਮੁਤਾਬਕ ਕੱਲ੍ਹ ਤਾਪਮਾਨ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਹ ਵੀ ਆਮ ਨਾਲੋਂ 7.9 ਡਿਗਰੀ ਸੈਲਸੀਅਸ ਵੱਧ ਹੈ। ਪਰ ਭਲਕੇ ਇਸ ਤਾਪਮਾਨ ਤੋਂ ਮਾਮੂਲੀ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸ਼ਾਮ ਤੋਂ ਬਾਅਦ ਆਸਮਾਨ ‘ਚ ਬੱਦਲ ਛਾਏ ਰਹਿਣ ਅਤੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਐਸਕੇ ਸਿੰਘ ਦਾ ਕਹਿਣਾ ਹੈ ਕਿ 19 ਤੋਂ 21 ਜੂਨ ਦਰਮਿਆਨ ਚੰਡੀਗੜ੍ਹ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਮੌਸਮ ਵਿੱਚ ਬਦਲਾਅ ਨਹੀਂ ਹੋਵੇਗਾ। ਹਲਕੇ ਮੀਂਹ ਦੇ ਆਸਾਰ ਹਨ ਪਰ ਇਹ ਪ੍ਰੀ-ਮੌਨਸੂਨ ਨਹੀਂ ਹੈ।
ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਪੂਰਬੀ ਹਵਾਵਾਂ ਨਾਲ ਆਉਂਦੀ ਹੈ, ਜਦੋਂਕਿ ਅਗਲੇ ਤਿੰਨ ਦਿਨਾਂ ਤੱਕ ਬਾਰਸ਼ ਪੱਛਮੀ ਹਵਾਵਾਂ ਨਾਲ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ‘ਚ ਮਾਮੂਲੀ ਗਿਰਾਵਟ ਆਵੇਗੀ।