
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰੀ ਜਮਹੂਰੀ ਗਠਜੋੜ (NDA) ਦੇ ਸੰਸਦ ਮੈਂਬਰਾਂ ਨੂੰ ਸੰਸਦੀ ਨਿਯਮਾਂ ਅਤੇ ਆਚਰਣ ਦੀ ਪਾਲਣਾ ਕਰਨ ਅਤੇ ਸੀਨੀਅਰ ਮੈਂਬਰਾਂ ਤੋਂ ਵਧੀਆ ਅਭਿਆਸ ਸਿੱਖਣ ਲਈ ਕਿਹਾ। ਪ੍ਰਧਾਨ ਮੰਤਰੀ ਮੋਦੀ ਦੀ ਐੱਨਡੀਏ ਸੰਸਦ ਮੈਂਬਰਾਂ ਨੂੰ ਇਹ ਸਲਾਹ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਭਾਸ਼ਣ ਤੋਂ ਇੱਕ ਦਿਨ ਬਾਅਦ ਆਈ ਹੈ, ਜਿਸ ਨੂੰ ਸੱਤਾਧਾਰੀ ਗੱਠਜੋੜ ਦੇ ਨੇਤਾਵਾਂ ਨੇ ‘ਬਹੁਤ ਗੈਰ-ਜ਼ਿੰਮੇਵਾਰਾਨਾ’ ਕਰਾਰ ਦਿੱਤਾ ਸੀ।
ਸੂਤਰਾਂ ਮੁਤਾਬਕ ਐੱਨਡੀਏ ਸੰਸਦੀ ਦਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਵਿਰੋਧੀ ਧਿਰ ਇਸ ਗੱਲੋਂ ਨਾਰਾਜ਼ ਹੈ ਕਿ ਪਹਿਲੀ ਵਾਰ ਕੋਈ ਗ਼ੈਰ-ਕਾਂਗਰਸੀ ਆਗੂ ਲਗਾਤਾਰ ਤੀਜੀ ਵਾਰ ਭਾਰਤ ਦਾ ਪ੍ਰਧਾਨ ਮੰਤਰੀ ਬਣਿਆ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੰਸਦੀ ਮੁੱਦਿਆਂ ਦਾ ਅਧਿਐਨ ਕਰਨ, ਸੰਸਦ ਦੀ ਕਾਰਵਾਈ ਵਿੱਚ ਨਿਯਮਿਤ ਤੌਰ ‘ਤੇ ਹਿੱਸਾ ਲੈਣ ਅਤੇ ਆਪੋ-ਆਪਣੇ ਹਲਕਿਆਂ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਕਿਹਾ। ਇਹ ਪੁੱਛੇ ਜਾਣ ‘ਤੇ ਕਿ ਕੀ ਮੋਦੀ ਨੇ ਸੋਮਵਾਰ ਨੂੰ ਲੋਕ ਸਭਾ ‘ਚ ਰਾਹੁਲ ਗਾਂਧੀ ਦੇ ਭਾਸ਼ਣ ਦਾ ਜ਼ਿਕਰ ਕੀਤਾ, ਰਿਜਿਜੂ ਨੇ ਕਿਹਾ ਕਿ ਉਨ੍ਹਾਂ ਨੇ ਅਜਿਹਾ ਕੋਈ ਜ਼ਿਕਰ ਨਹੀਂ ਕੀਤਾ।