
ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਇਕ ਵਾਰ ਫਿਰ ਅਦਾਲਤ ਤੋਂ ਝਟਕਾ ਲੱਗਾ ਹੈ। ਰਾਊਜ਼ ਐਵੇਨਿਊ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ CBI ਕੇਸ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 22 ਜੁਲਾਈ ਤੱਕ ਵਧਾ ਦਿੱਤੀ ਹੈ। ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਜੁਲਾਈ ਨੂੰ ਰਾਊਜ਼ ਐਵੇਨਿਊ ਕੋਰਟ ਵਿਚ ਹੋਵੇਗੀ। ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੂੰ ਪਹਿਲਾਂ ਵੀ ਅਦਾਲਤ ਤੋਂ ਝਟਕਾ ਲੱਗਾ ਸੀ। ਸਿਸੋਦੀਆ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਤੋਂ ਨਿਰਾਸ਼ਾ ਹੱਥ ਲੱਗੀ ਸੀ। ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 15 ਜੁਲਾਈ ਯਾਨੀ ਕਿ ਅੱਜ ਤੱਕ ਲਈ ਵਧਾ ਦਿੱਤੀ ਸੀ।
ਹਾਲ ਹੀ ‘ਚ ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਜ਼ਮਾਨਤ ਲਈ ਦਿੱਲੀ ਹਾਈਕੋਰਟ ਤੋਂ ਨਿਰਾਸ਼ ਦਿੱਲੀ ਦੇ ਸਾਬਕਾ ਡਿਪਟੀ ਸੀ. ਐੱਮ ਮਨੀਸ਼ ਸਿਸੋਦੀਆ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਮਨੀਸ਼ ਸਿਸੋਦੀਆ ਨੇ ਆਪਣੀ ਜ਼ਮਾਨਤ ਲਈ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਸੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੇ CBI ਅਤੇ ED ਮਾਮਲੇ ਵਿਚ ਜ਼ਮਾਨਤ ਦੀ ਮੰਗ ਕਰਦੇ ਹੋਏ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ।