
ਅਮਰੀਕੀ ਵਿਦੇਸ਼ ਵਿਭਾਗ ਨੇ ਵੱਖ-ਵੱਖ ਖੇਤਰਾਂ ਵਿਚ ਭਾਰਤ ਨਾਲ ਦੁਵੱਲੇ ਸਹਿਯੋਗ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ ਹੈ ਕਿ ਅਮਰੀਕਾ ਚਾਹੁੰਦਾ ਹੈ ਕਿ ਭਾਰਤ ਯੂਕ੍ਰੇਨ ਵਿਚ ਸਥਾਈ ਅਤੇ ਨਿਆਂਪੂਰਨ ਸ਼ਾਂਤੀ ਸਥਾਪਿਤ ਕਰਨ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰੇ। ਵਿਦੇਸ਼ ਮੰਤਰਾਲੇ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਸਕੋ ‘ਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਹਾਲ ਹੀ ‘ਚ ਹੋਈਆਂ ਮੁਲਾਕਾਤਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ‘ਚ ਇਹ ਗੱਲਾਂ ਕਹੀਆਂ। ਉਨ੍ਹਾਂ ਕਿਹਾ,”ਭਾਰਤ ਕਈ ਅਹਿਮ ਖੇਤਰਾਂ ਵਿੱਚ ਸਾਡਾ ਭਾਈਵਾਲ ਹੈ ਅਤੇ ਇਹ ਪਿਛਲੀਆਂ ਗਰਮੀਆਂ ਵਿੱਚ ਸਪੱਸ਼ਟ ਤੌਰ ‘ਤੇ ਪ੍ਰਦਰਸ਼ਿਤ ਕੀਤਾ ਗਿਆ ਸੀ, ਜਦੋਂ ਪ੍ਰਧਾਨ ਮੰਤਰੀ ਮੋਦੀ ਇੱਕ ਸਰਕਾਰੀ ਦੌਰੇ ‘ਤੇ ਅਮਰੀਕਾ ਆਏ ਸਨ।”
ਪਟੇਲ ਨੇ ਕਿਹਾ, “ਇਸ ਤੋਂ ਇਲਾਵਾ ਯੂਕ੍ਰੇਨ-ਰੂਸ ਵਿਚਾਲੇ ਜਾਰੀ ਸੰਘਰਸ਼ ਅਤੇ ਯੂਕ੍ਰੇਨ ਦੀ ਖੇਤਰੀ ਅਖੰਡਤਾ ਅਤੇ ਪ੍ਰਭੂਸੱਤਾ ‘ਤੇ ਇਸ ਦੇ ਪ੍ਰਭਾਵ ਦੇ ਸੰਦਰਭ ਵਿੱਚ ਅਸੀਂ ਭਾਰਤ ਸਮੇਤ ਆਪਣੇ ਸਾਰੇ ਭਾਈਵਾਲਾਂ ਨੂੰ ਯੂਕ੍ਰੇਨ ਵਿੱਚ ਸਥਾਈ ਅਤੇ ਨਿਆਂਪੂਰਨ ਸ਼ਾਂਤੀ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਨ ਦੀ ਬੇਨਤੀ ਕਰਦੇ ਹਾਂ।” ਵਿਦੇਸ਼ ਮੰਤਰਾਲੇ ਨੇ ਰੂਸ ਨੂੰ ਯੂਕ੍ਰੇਨ ਦੇ ਪ੍ਰਭੂਸੱਤਾ ਸੰਪੰਨ ਖੇਤਰ ਤੋਂ ਆਪਣੀਆਂ ਫੌਜਾਂ ਵਾਪਸ ਬੁਲਾਉਣ ਲਈ ਕਿਹਾ।