
ਪੰਜਾਬ ਸਰਕਾਰ ਵੱਲੋਂ ਭਲਕੇ ਮਤਲਬ 31 ਜੁਲਾਈ ਨੂੰ ਸੰਗਰੂਰ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੇ ਦਿਹਾੜੇ ਦੇ ਮੱਦੇਨਜ਼ਰ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ 31 ਜੁਲਾਈ 2024 ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਵਿਖੇ ਸੂਬਾ ਪੱਧਰ ‘ਤੇ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਲਈ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ਪ੍ਰਾਈਵੇਟ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫ਼ਤਰਾਂ, ਬੈਂਕ ਆਦਿ ਵਿਚ ਛੁੱਟੀ ਰਹੇਗੀ। ਇਹ ਹੁਕਮ ਉਨ੍ਹਾਂ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿਚ ਲਾਗੂ ਨਹੀਂ ਹੋਣਗੇ ਜਿਥੇ ਇਮਤਿਹਾਨ ਚੱਲ ਰਹੇ ਹੋਣ।