
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਇਕ ਮਿਨੀਵੈਨ ‘ਚ ਹੋਏ ਬੰਬ ਧਮਾਕੇ ‘ਚ ਘੱਟੋ-ਘੱਟ ਇਕ ਵਿਅਕਤੀ ਦੀ ਮੌਤ ਹੋ ਗਈ। ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (IS) ਨੇ ਸੋਮਵਾਰ ਨੂੰ ਹੋਏ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਅੱਤਵਾਦੀ ਸਮੂਹ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਸਨੇ ਐਤਵਾਰ ਨੂੰ ਸ਼ੀਆ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵਿਸਫੋਟਕ ਯੰਤਰ ਨਾਲ ਧਮਾਕਾ ਕੀਤਾ ਅਤੇ ਜ਼ਖਮੀਆਂ ਅਤੇ ਮਰਨ ਵਾਲਿਆਂ ਦੀ ਗਿਣਤੀ 13 ਦੱਸੀ। ਪੁਲਸ ਬੁਲਾਰੇ ਖਾਲਿਦ ਜ਼ਦਰਾਨ ਨੇ ਸੋਮਵਾਰ ਨੂੰ ਕਾਬੁਲ ਸ਼ਹਿਰ ਦੇ ਪੱਛਮੀ ਹਿੱਸੇ ‘ਚ ਬੰਬ ਧਮਾਕੇ ਦੀ ਘਟਨਾ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਧਮਾਕੇ ‘ਚ ਇਕ ਨਾਗਰਿਕ ਦੀ ਮੌਤ ਹੋ ਗਈ ਅਤੇ 11 ਲੋਕ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਧਮਾਕਾ ਦਸ਼ਤੇ ਬਰਾਚੀ ਇਲਾਕੇ ‘ਚ ਹੋਇਆ ਅਤੇ ਪੁਲਸ ਜਾਂਚ ਕਰ ਰਹੀ ਹੈ। ਕਾਬੁਲ ਦੇ ਦਸ਼ਤੇ ਬਾਰਾਚੀ ਖੇਤਰ ਨੂੰ ਵਾਰ-ਵਾਰ ਆਈ.ਐਸ ਨਾਲ ਸਬੰਧਤ ਸੰਗਠਨਾਂ ਨੇ ਨਿਸ਼ਾਨਾ ਬਣਾਇਆ ਹੈ।