
ਕੇਂਦਰੀ ਸਿਹਤ ਸਕੱਤਰ ਅਪੂਰਵ ਚੰਦਰਾ ਨੇ ਵਿਸ਼ਵ ਸਿਹਤ ਸੰਗਠਨ ਦੁਆਰਾ Mpox ਨੂੰ ਅੰਤਰਰਾਸ਼ਟਰੀ ਚਿੰਤਾ ਦੀ ਜਨਤਕ ਸਿਹਤ ਐਮਰਜੈਂਸੀ (PHEIC) ਦੇ ਰੂਪ ਵਿੱਚ ਘੋਸ਼ਿਤ ਕੀਤੇ ਜਾਣ ਦੇ ਮੱਦੇਨਜ਼ਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇੱਕ ਸਲਾਹ ਜਾਰੀ ਕੀਤੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਸ਼ੱਕੀ ਮਰੀਜ਼ ਮਿਲਿਆ ਹੈ, ਜਿਸ ਤੋਂ ਬਾਅਦ ਕੇਂਦਰੀ ਸਿਹਤ ਮੰਤਰਾਲੇ ਨੂੰ ਅਲਰਟ ਕਰ ਦਿੱਤਾ ਗਿਆ ਹੈ।ਉਸਨੇ ਕਿਹਾ ਕਿ ਮੌਜੂਦਾ ਪ੍ਰਕੋਪ ਵਿੱਚ ਭਾਰਤ ਵਿੱਚ Mpox ਦਾ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਸ਼ੱਕੀ ਮਾਮਲਿਆਂ ਵਿੱਚੋਂ ਕਿਸੇ ਵੀ ਨਮੂਨੇ ਵਿੱਚ ਲਾਗ ਦੀ ਪੁਸ਼ਟੀ ਨਹੀਂ ਹੋਈ ਹੈ। ਉਨ੍ਹਾਂ ਸੁਚੇਤ ਰਹਿਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਲਗਾਤਾਰ ਬਦਲ ਰਹੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰਾਲੇ ਨੇ ਦਿੱਲੀ ਵਿੱਚ Mpox ਦੇ ਸ਼ੱਕੀ ਮਰੀਜ਼ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਹੈ।