
ਭਾਰਤ ਨੇ ਵਧਦੀ ਹਿੰਸਾ ਵਿਚਕਾਰ ਭਾਰਤੀ ਨਾਗਰਿਕਾਂ ਨੂੰ ਲੇਬਨਾਨ ਦੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਹੈ ਅਤੇ ਉੱਥੇ ਮੌਜੂਦ ਲੋਕਾਂ ਨੂੰ ਬਹੁਤ ਸਾਵਧਾਨੀ ਵਰਤਣ ਅਤੇ ਜਿੰਨੀ ਜਲਦੀ ਹੋ ਸਕੇ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਇਜ਼ਰਾਈਲ ਅਤੇ ਲੇਬਨਾਨ ਵਿਚਾਲੇ ਜੰਗ ਭਿਆਨਕ ਹੁੰਦੀ ਜਾ ਰਹੀ ਹੈ, ਜਿਸ ਕਾਰਨ ਮੱਧ ਪੂਰਬ ‘ਚ ਤਣਾਅ ਤੇਜ਼ੀ ਨਾਲ ਵਧ ਰਿਹਾ ਹੈ। ਇਸ ਸਬੰਧ ਵਿੱਚ ਬੇਰੂਤ ਵਿੱਚ ਭਾਰਤੀ ਦੂਤਘਰ ਨੇ ਬੁੱਧਵਾਰ ਨੂੰ ਲੇਬਨਾਨ ਵਿੱਚ ਭਾਰਤੀ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਅਤੇ ਉਨ੍ਹਾਂ ਨੂੰ ਤੁਰੰਤ ਦੇਸ਼ ਛੱਡਣ ਦੀ ਸਲਾਹ ਦਿੱਤੀ।ਬੇਰੂਤ ਵਿੱਚ ਭਾਰਤੀ ਦੂਤਘਰ ਨੇ ਟਵਿੱਟਰ ‘ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ, ‘ਖੇਤਰ ਵਿੱਚ ਤਣਾਅ ਦੇ ਮੱਦੇਨਜ਼ਰ, ਭਾਰਤੀ ਨਾਗਰਿਕਾਂ ਨੂੰ ਅਗਲੇ ਨੋਟਿਸ ਤੱਕ ਲੇਬਨਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਲੇਬਨਾਨ ਵਿੱਚ ਪਹਿਲਾਂ ਤੋਂ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਵੀ ਲੇਬਨਾਨ ਛੱਡਣ ਦੀ ਸਖ਼ਤ ਸਲਾਹ ਦਿੱਤੀ ਜਾਂਦੀ ਹੈ। ਜਿਹੜੇ ਲੋਕ ਕਿਸੇ ਵੀ ਕਾਰਨ ਕਰਕੇ ਰਹਿ ਰਹੇ ਹਨ, ਉਨ੍ਹਾਂ ਨੂੰ ਬਹੁਤ ਸਾਵਧਾਨੀ ਵਰਤਣ, ਆਪਣੀਆਂ ਗਤੀਵਿਧੀਆਂ ਰੋਕਣ ਅਤੇ ਬੇਰੂਤ ਵਿੱਚ ਭਾਰਤੀ ਦੂਤਘਰ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।