
ਅੱਜ ਪੰਜਾਬ ‘ਚ ਹੋ ਰਹੀਆਂ ਪੰਚਾਇਤੀ ਚੋਣਾਂ ਤਹਿਤ ਅੰਮ੍ਰਿਤਸਰ ‘ਚ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਲੋਕਾਂ ਵਿੱਚ ਵੋਟਾਂ ਨੂੰ ਲੈ ਕੇ ਵੱਖ-ਵੱਖ ਪਿੰਡਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਲੋਕ ਲੰਮੀਆਂ ਲੰਮੀਆਂ ਲਾਈਨਾਂ ਵਿੱਚ ਲੱਗੇ ਨਜ਼ਰ ਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲੇ ਵਿਚ ਕੁੱਲ 856 ਗ੍ਰਾਮ ਪੰਚਾਇਤਾਂ ਹਨ ਅਤੇ ਕੁੱਲ 1268 ਪੋਲਿੰਗ ਬੂਥ ਬਣਾਏ ਗਏ ਹਨ ਅਤੇ 1030 ਪੋਲਿੰਗ ਬੂਥਾਂ ’ਤੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚੋਂ 234 ਬੂਥਾਂ ’ਤੇ 192 ਸਰਪੰਚ ਅਤੇ 1091 ਪੰਚ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ 10491 ਅਧਿਕਾਰੀ ਅਤੇ ਕਰਮਚਾਰੀ ਚੋਣ ਡਿਊਟੀ ’ਤੇ ਲਾਏ ਗਏ ਹਨ।