
ਗਿੱਦੜਬਾਹਾ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਦਰਅਸਲ ਇਨ੍ਹਾਂ ਦੋਹਾਂ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ ਲੱਗੇ ਹਨ। ਹੁਣ ਦੋਹਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਜਾਰੀ ਹੋਏ ਨੋਟਿਸ ਦਾ ਜਵਾਬ ਦੇਣਾ ਪਵੇਗਾ।ਦੱਸ ਦੇਈਏ ਕਿ ਰਾਜਾ ਵੜਿੰਗ ਮਸਜਿਦ ‘ਚ ਇਕ ਪ੍ਰੋਗਰਾਮ ‘ਚ ਪੁੱਜੇ ਸਨ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਵੋਟਾਂ ਪਾਉਣ ਲਈ ਕਿਹਾ। ਇਸੇ ਤਰ੍ਹਾਂ ਮਨਪ੍ਰੀਤ ਬਾਦਲ ਨੇ ਨੌਕਰੀਆਂ ਲਗਵਾਉਣ ਦੀ ਗੱਲ ਕੀਤੀ ਸੀ। ਹੁਣ ਇਕ ਪਾਸੇ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਹਨ ਅਤੇ ਦੂਜੇ ਪਾਸੇ ਮਨਪ੍ਰੀਤ ਬਾਦਲ ਵਜ਼ਾਰਤ ‘ਚ ਰਹਿ ਚੁੱਕੇ ਹਨ ਅਤੇ ਦੋਵੇਂ ਪੰਜਾਬ ਦੇ ਦਿੱਗਜ਼ ਆਗੂ ਹਨ। ਪੰਜਾਬ ‘ਚ ਜ਼ਿਮਨੀ ਚੋਣਾਂ ਬਹੁਤ ਨੇੜੇ ਆ ਗਈਆਂ ਹਨ, ਅਜਿਹੇ ‘ਚ ਉਕਤ ਆਗੂਆਂ ਨੂੰ ਨੋਟਿਸ ਜਾਰੀ ਹੋਣ ਕਾਰਨ ਇਨ੍ਹਾਂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।