
ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਆਈ. ਏ. ਐੱਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਡੇਂਗੂ ਮੱਛਰ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਐਂਟੀ ਡੇਂਗੂ ਗਤੀਵਿਧੀਆਂ ਤੇਜ਼ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਵੱਲੋਂ ਝੁੱਗੀਆਂ ਅਤੇ ਸਲੱਮ ਏਰੀਆ ਠੂਠੀਆਂਵਾਲੀ ਰੋਡ ਮਾਨਸਾ ਵਿਖੇ ਖ਼ੁਦ ਜਾ ਕੇ ਫੌਗਿੰਗ ਕਰਵਾਈ ਗਈ, ਤਾਂ ਜੋ ਡੇਂਗੂ ਮੱਛਰ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਡੇਂਗੂ ਤੋਂ ਪੀੜਤ ਘਰਾਂ ਦਾ ਦੌਰਾ ਕਰਨ ਸਮੇਂ ਟੀਮਾਂ ਦੀ ਸੁਪੋਰਟਿੰਗ ਸੁਪਰਵਿਜ਼ਨ ਕਰਦਿਆਂ ਕਿਹਾ ਕਿ ਸਾਨੂੰ ਘਰਾਂ ਦੇ ਅੰਦਰ ਅਤੇ ਬਾਹਰ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਡੇਂਗੂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਜ਼ਿਲ੍ਹਾ ਅਤੇ ਬਲਾਕ ਪੱਧਰੀ ਟੀਮਾਂ ਵੱਲੋਂ ਸਰਵੇਖਣ ਵੀ ਕੀਤਾ ਜਾ ਰਿਹਾ ਹੈ। ਇਸ ਸਾਲ ਦੇ ਥੀਮ ‘ਡੇਂਗੂ ਦੇ ਖ਼ਾਤਮੇ ਲਈ, ਲੋਕਾਂ ਦਾ ਸਹਿਯੋਗ’ ਅਧੀਨ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੀਮੋਲੋਜਿਸਟ ਸੰਤੋਸ਼ ਭਾਰਤੀ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ਼ ਅਜੀਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਦੀ ਰੌਸ਼ਨੀ ਵੇਲੇ ਕੱਟਦਾ ਹੈ, ਘਰਾਂ ਵਿਚ ਕਿਤੇ ਵੀ ਖੜ੍ਹੇ ਪਾਣੀ ’ਤੇ ਇਹ ਮੱਛਰ ਪਨਪਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਦਾ ਮੁੱਖ ਮਕਸਦ ਡੇਂਗੂ ਦੇ ਸੀਜ਼ਨ ਨੂੰ ਦੇਖਦੇ ਹੋਏ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨਾ ਹੈ।